ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ, ਪਾਬੰਦੀਸ਼ੁਦਾ ਜਥੇਬੰਦੀ 'ਸਿੱਖਸ ਫਾਰ ਜਸਟਿਸ' (ਐਸਐਫਜੇ) ਦੇ ਦੋ ਕਾਰਕੁਨਾਂ ਨੂੰ ਜਲੰਧਰ ਸਥਿਤ ਰੈੱਡ ਕਰਾਸ ਭਵਨ ਦੀ ਕੰਧ 'ਤੇ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਕਮਿਸ਼ਨਰ ਆਫ ਪੁਲਿਸ (ਸੀ.ਪੀ.) ਜਲੰਧਰ ਸਤਿੰਦਰ ਸਿੰਘ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ ਦੋਵੇਂ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਆਦਿ ਤਹਿਤ ਕਈ ਮਾਮਲੇ ਦਰਜ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਗਈ ਸੀ, ਵੀ ਬਰਾਮਦ ਕਰ ਲਿਆ ਹੈ। ਜਾਣਕਾਰੀ ਅਨੁਸਾਰ, 29 ਸਤੰਬਰ 2026 ਨੂੰ ਇੱਥੇ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ 'ਤੇ ਖਾਲਿਸਤਾਨ-ਪੱਖੀ ਨਾਅਰੇ ਲਿਖੇ ਹੋਏ ਮਿਲੇ ਸਨ। ਬਾਅਦ ਵਿੱਚ, ਪਾਬੰਦੀਸ਼ੁਦਾ ਜਥੇਬੰਦੀ ਦੇ ਮੁੱਖ ਸਾਜ਼ਿਸ਼ਕਰਤਾ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇੱਕ ਵੀਡੀਓ ਵੀ ਵਾਇਰਲ ਕੀਤੀ ਸੀ। ਸੀਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਐਫਆਈਆਰ ਦਰਜ ਕੀਤੀ ਅਤੇ ਡੀਸੀਪੀ ਸਿਟੀ ਆਦਿਤਿਆ ਵਾਰੀਅਰ ਅਤੇ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸਫਲਤਾਪੂਰਵਕ ਦੋਵਾਂ ਸ਼ੱਕੀਆਂ ਦੀ ਪਛਾਣ ਕਰਕੇ ਗ੍ਰਿਫਤਾਰ ਕਰ ਲਿਆ। ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ 14 ਅਤੇ 15 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ ਸੀ। ਇਸ ਸਬੰਧ ਵਿੱਚ, ਥਾਣਾ ਚੱਬੇਵਾਲ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 298 ਤਹਿਤ ਮਿਤੀ 15.09.2026 ਨੂੰ ਐਫਆਈਆਰ ਨੰਬਰ 130 ਪਹਿਲਾਂ ਹੀ ਦਰਜ ਹੈ। ਇਸ ਸਬੰਧੀ, ਬੀਐਨਐਸ ਦੀਆਂ ਧਾਰਾਵਾਂ 147, 152, 196, 61(2) ਅਤੇ ਆਈਟੀ ਐਕਟ ਦੀ ਧਾਰਾ 66ਐਫ ਤਹਿਤ ਜਲੰਧਰ ਦੀ ਪੁਲਿਸ ਡਿਵੀਜ਼ਨ ਨੰਬਰ 6 ਵਿਖੇ ਮਿਤੀ 29.09.2026 ਨੂੰ ਐਫਆਈਆਰ ਨੰਬਰ 301 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ। ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਨਾਲ ਜੁੜੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।